Punjab
6 ਘੰਟੇ ਪਹਿਲਾਂ
ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਵਲੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ 48 ਘੰਟਿਆਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੰਦਿਆਂ 'ਰੈੱਡ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਪਛਮੀ ਗੜਬੜੀ (Western Disturbance) ਅਤੇ ਮਾਨਸੂਨੀ ਹਵਾਵਾਂ ਦੀ ਸਰਗਰਮੀ ਕਾਰਨ ਪੰਜਾਬ ਦੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੂਸਲਾਧਾਰ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੇ ਖਤਰੇ ਨੂੰ ਦੇਖਦੇ ਹੋਏ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਲਰਟ 'ਤੇ ਰਹਿਣ ਦੇ ਹੁਕਮ ਦਿੱਤੇ ਗਏ ਹਨ। ਨਗਰ ਨਿਗਮਾਂ ਨੂੰ ਡਰੇਨੇਜ ਸਿਸਟਮ ਅਤੇ ਨਾਲਿਆਂ ਦੀ ਸਫਾਈ ਤੁਰੰਤ ਮੁਕੰਮਲ ਕਰਨ ਲਈ ਕਹਿ ਦਿੱਤਾ ਗਿਆ ਹੈ ਤਾਂ ਜੋ ਸ਼ਹਿਰਾਂ ਵਿੱਚ ਜਲ-ਭਰਾਵ ਦੀ ਸਮੱਸਿਆ ਪੈਦਾ ਨਾ ਹੋਵੇ। ਇਸ ਤੋਂ ਇਲਾਵਾ, ਆਪਦਾ ਪ੍ਰਬੰਧਨ ਟੀਮਾਂ (NDRF & SDRF) ਨੂੰ ਵੀ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਖੇਤੀਬਾੜੀ ਮਾਹਰਾਂ ਵਲੋਂ ਕਿਸਾਨਾਂ ਨੂੰ ਵਿਸ਼ੇਸ਼ ਸਲਾਹ ਜਾਰੀ ਕੀਤੀ ਗਈ ਹੈ ਕਿ ਉਹ ਆਪਣੀਆਂ ਫਸਲਾਂ ਵਿੱਚੋਂ ਵਾਧੂ ਪਾਣੀ ਦੀ ਨਿਕਾਸੀ ਦਾ ਪੁਖਤਾ ਪ੍ਰਬੰਧ ਕਰਨ ਅਤੇ ਫਿਲਹਾਲ ਫਸਲਾਂ 'ਤੇ ਕਿਸੇ ਵੀ ਤਰ੍ਹਾਂ ਦੀਆਂ ਸਪਰੇਆਂ ਜਾਂ ਖਾਦਾਂ ਦਾ ਛਿੜਕਾਅ ਨਾ ਕਰਨ। ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ, ਬਜਲੀ ਦੇ ਖੰਭਿਆਂ ਅਤੇ ਪੁਰਾਣੀਆਂ ਇਮਾਰਤਾਂ ਤੋਂ ਦੂਰੀ ਬਣਾ ਕੇ ਰੱਖਣ। ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੀਆਂ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਦੀ ਵੀ ਸੰਭਾਵਨਾ ਹੈ।